Join
Monday, March 30, 2026
Monday, March 30, 2026

ਡੇਂਗੂ ਦੀ ਰੋਕਥਾਮ ਲਈ ਜਾਗਰੂਕ ਹੋਣ ਦੀ ਲੋੜ : ਡਾ. ਗੀਤਾਂਜਲੀ ਸਿੰਘ

 ਬਲਾਚੌਰ 20 ਜੂਨ (ਜਤਿੰਦਰ ਪਾਲ ਸਿੰਘ ਕਲੇਰ )

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਬਲਾਕ ਬਲਾਚੌਰ ਦੀ ਡੇਂਗੂ ਵਿਰੋਧੀ ਟੀਮ ਨੇ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਪਲਾਂਟ ਨਰਸਰੀਆਂ ਤੇ ਨਿਰਮਾਣ ਇਮਾਰਤਾਂ ਆਦਿ ਵਿਖੇ ਡੇਂਗੂ ਦੇ ਕਾਰਨਾਂ, ਬਚਾਅ ਤੇ ਇਲਾਜ ਬਾਰੇ ਜਾਗਰੂਕ ਕੀਤਾ। 

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ। ਉਨ੍ਹਾਂ ਆਮ ਲੋਕਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ। ਉਨ੍ਹਾਂ ਹਫਤੇ ਵਿੱਚ ਇਕ ਵਾਰ ਜ਼ਰੂਰ ਗਮਲਿਆਂ, ਕੂਲਰਾਂ, ਫ਼ਰਿੱਜ ਦੀਆਂ ਟਰੇਆਂ, ਪੁਰਾਣੇ ਟਾਇਰਾਂ ਅਤੇ ਛੱਤਾਂ ‘ਤੇ ਪਏ ਕਬਾੜ ਸਮਾਨ ਵਿੱਚ ਖੜ੍ਹੇ ਪਾਣੀ ਨੂੰ ਸਾਫ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। 

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ’ਤੇ  ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਲਾਰਵਾ ਖਤਮ ਕਰਨ ਲਈ ਘਰ-ਘਰ ਸਰਵੇ ਤੇ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ, ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤੱਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਡੇਂਗੂ ਇਕ ਬੁਖ਼ਾਰ ਹੈ, ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਤੋਂ ਬਚਾਅ ਲਈ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕਣ ਲਈ ਪੂਰੇ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ, ਰਾਤ ਨੂੰ ਸੋਣ ਸਮੇਂ ਮੱਛਰਦਾਨੀ ਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਅਮਨਦੀਪ ਸਿੰਘ, ਸੁਰਿੰਦਰ ਸਿੰਘ, ਗੁਰਮੁੱਖ ਸਿੰਘ ਤੇ ਜਸਪਾਲ ਸਿੰਘ ਸਮੇਤ ਸਿਹਤ ਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles

2

2