ਨਵਾਂਸ਼ਹਿਰ /ਕਾਠਗੜ੍ਹ 26 ਜੂਨ(ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਵਿੱਚ ਸੀਐਚਸੀ ਕਾਠਗੜ੍ਹ ਵਿਖੇ ਨਸ਼ਿਆਂ ਦੀ ਦੁਰਵਰਤੋਂ ਤੇ ਗੈਰਕਾਨੂੰਨੀ ਤਸਕਰੀ ਵਿਰੁੱਧ ਦਿਵਸ ਮਨਾਇਆ ਗਿਆ। ਨਸ਼ਿਆਂ ਦੇ ਖਾਤਮੇ ਲਈ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਆਯੂਰਵੈਦਿਕ ਮੈਡੀਕਲ ਅਫ਼ਸਰ ਡਾ. ਸਦੇਸ਼ ਕੁਮਾਰ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਨਸ਼ਾ ਮੁਕਤ ਭਾਰਤ ਮੁਹਿੰਮ ਦਾ ਉਦੇਸ਼ ਨਸ਼ੇ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇੱਕ ਸਿਹਤਮੰਦ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਨਸ਼ਾ ਮੁਕਤੀ ਕੇਂਦਰ ਨੂੰ ਨਵਾਂਸ਼ਹਿਰ ਵਿਖੇ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਕਾਊਂਂਸਲਿੰੰਗ ਕੀਤੀ ਜਾਂਦੀ ਹੈ ਤਾਂ ਜੋ ਮਰੀਜ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ। ਇਸ ਦੇ ਨਾਲ ਹੀ ਸਿਵਲ ਹਸਪਤਾਲ ਬਲਾਚੌਰ ਅਤੇ ਸੀ ਐਚ ਸੀ ਕਾਠਗੜ੍ਹ ਵਿੱਖੇ ਨਸ਼ਾ ਮੁਕਤੀ ਦਵਾਈ ਕੇਂਦਰਾਂ ਵਿਚ ਮਰੀਜਾਂ ਨੂੰ ਦਵਾਈ ਵੀ ਦਿੱਤੀ ਜਾਂਦੀ ਹੈ।
ਸਿਹਤ ਇੰਸਪੈਕਟਰ ਦਿਲਬਾਗ ਸਿੰਘ ਨੇ ਕਿਹਾ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ, ਜਿਸਨੂੰ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਨਸ਼ਾ ਪੀੜਤ ਲੋਕਾਂ ਨੂੰ ਅਕਸਰ ਇੱਕ ਜਾਂ ਇੱਕ ਤੋਂ ਵੱਧ ਸੰਬੰਧਿਤ ਸਿਹਤ ਸਮੱਸਿਆਵਾਂ ਹੁੰਦੀਆਂ ਹਨ, ਜਿਸ ਵਿੱਚ ਹੈਪੇਟਾਇਟਿਸ, ਫੇਫੜਿਆਂ ਜਾਂ ਦਿਲ ਦੀ ਬਿਮਾਰੀ, ਸਟ੍ਰੋਕ, ਕੈਂਸਰ, ਜਾਂ ਮਾਨਸਿਕ ਸਿਹਤ ਸਥਿਤੀਆਂ ਸ਼ਾਮਲ ਹੋ ਸਕਦੀਆਂ ਹਨ। ਨਸ਼ਾ ਸਾਡੇ ਪਰਿਵਾਰ ਦੀ ਆਰਥਿਕਤਾ ਨੂੰ ਵੀ ਖ਼ਰਾਬ ਕਰ ਦਿੰਦਾ ਹੈ, ਜਿਸ ਨਾਲ ਵਧੇਰੇ ਪਰਿਵਾਰਾਂ ਦੀ ਟੁੱਟਣ ਦੀ ਨੌਬਤ ਆ ਜਾਂਦੀ ਹੈ।
ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਐੱਲਐੱਚਵੀ ਜਸਵਿੰਦਰ ਕੌਰ, ਹਰਪ੍ਰੀਤ ਕੌਰ, ਕੰਵਲ ਕੁਮਾਰ, ਸਿਮਰਨ ਕੌਰ ਤੇ ਪੂਜਾ ਰਾਣੀ ਸਮੇਤ ਹੋਰ ਵੀ ਹਾਜ਼ਰ ਸਨ।


