ਬਿਜਲੀ ਐਕਟ ਸੋਧ 2025 ਦੀ ਤਜਵੀਜ਼ ਰੱਦ ਕੀਤੀ ਜਾਵੇ। ਸਾਂਝਾ ਕਿਸਾਨ ਮਜ਼ਦੂਰ ਮੋਰਚਾ।
ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )
ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਦੀ ਤਹਿਸੀਲ ਬਲਾਚੌਰ ਅਕਾਈ ਦੇ ਆਗੂਆਂ ਦੀ ਮੀਟਿੰਗ ਸਾਥੀ ਚੰਨਣ ਸਿੰਘ ਮੰਡਿਆਣੀ ਦੀ ਪ੍ਰਧਾਨਗੀ ਹੇਠ। ਮੀਟਿੰਗ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਸੁਬਾਈ ਜਨਰਲ ਸਕੱਤਰ ਨੇ ਕਿਹਾ ਕਿ ਲੈਣ ਪੂਲਿੰਗ ਸਕੀਮ ਲਾਗੂ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ। ਜਿਸ ਦੇ ਸਿੱਟੇ ਵਜੋਂ ਸਮੁੱਚਾ ਪੇਂਡੂ ਭਾਈਚਾਰਾ ਲੈਂਡ ਪੂਲਿੰਗ ਸਕੀਮ ਦੇ ਵਿਰੁੱਧ ਹੋ ਗਿਆ ਹੈ। ਮੀਟਿੰਗ ਨੇ ਮਹਿਸੂਸ ਕੀਤਾ ਕਿ ਪੀੜਤ ਪਿੰਡਾਂ ਦੇ ਲੋਕ ਸਰਕਾਰ ਦੇ ਇਸ ਧੱਕੇ ਅਤੇ ਜਬਰ ਦੇ ਵਿਰੁੱਧ ਜ਼ੋਰਦਾਰ ਸੰਘਰਸ਼ ਕਰਨ ਲਈ ਤਿਆਰ ਹੋ ਰਹੇ ਹਨ। ਮੀਟਿੰਗ ਨੇ ਪੀੜਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਵੱਲੋਂ ਸ਼ੁਰੂ ਕੀਤੇ ਹੋਏ ਕਿਸੇ ਵੀ ਸੰਘਰਸ਼ ਦਾ ਪੂਰਨ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਰੱਦ ਕਰੇ। ਸਾਥੀ ਰਾਣਾ ਨੇ ਅੱਗੇ ਦੱਸਿਆ ਕਿ ਮੀਟਿੰਗ ਨੇ ਬਿਜਲੀ ਐਕਟ ਸੋਧ 2O25 ਗਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਮੀਟਿੰਗ ਵਿੱਚ ਆਗੂਆਂ ਨੇ ਮਹਿਸੂਸ ਕੀਤਾ ਕਿ ਪ੍ਰੀਪੇਡ ਮੀਟਰ ਲਾਉਣ ਨਾਲ ਕਿਸਾਨਾਂ ਮਜ਼ਦੂਰਾਂ ਤੇ ਆਮ ਲੋਕਾਂ ਤੇ ਭਾਰੀ ਆਰਥਿਕ ਬੋਝ ਪਵੇਗਾ। ਜਦ ਕਿ ਕੇਂਦਰ ਸਰਕਾਰ ਨੇ ਇਤਿਹਾਸਿਕ ਕਿਸਾਨ ਅੰਦੋਲਨ ਦੀ ਜਿੱਤ ਮੌਕੇ ਭਰੋਸਾ ਦਿੱਤਾ ਸੀ ਕਿ ਬਿਜਲੀ ਐਕਟ ਸੋਧ ਕਿਸਾਨਾਂ ਮਜ਼ਦੂਰਾਂ ਦੀ ਸਲਾਹ ਤੋਂ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਹੁਣ ਕੇਂਦਰ ਸਰਕਾਰ ਬਿਜਲੀ ਸੋਧ ਐਕਟ ਨੂੰ ਲਾਗੂ ਕਰਨਾ ਚਾਹੁੰਦੀ ਹੈ ਜਿਸ ਦਾ ਵਿਰੋਧ ਪੂਰੇ ਦੇਸ਼ ਵਿੱਚ ਹੋਵੇਗਾ। ਮੀਟਿੰਗ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਬਿਜਲੀ ਸੋਧ ਐਕਟ 2025 ਦਾ ਖਰੜਾ ਤੁਰੰਤ ਵਾਪਸ ਲਵੇ। ਮੀਟਿੰਗ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰਾਂ ਤੋਂ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮਾਫ ਕੀਤੇ ਜਾਣ। ਇਸ ਮੌਕੇ ਹਰਪਾਲ ਸਿੰਘ ਕਟਾਰੀਆ ਮੱਕੋਵਾਲ, ਕਰਨੈਲ ਸਿੰਘ ਭੱਲਾ, ਪ੍ਰਤਾਪ ਸਿੰਘ ਰਾਣਾ, ਮਨੋਹਰ ਲਾਲ, ਹਰਦੇਵ ਸਿੰਘ ਰਾਣਾ ਅਤੇ ਜੋਗਿੰਦਰ ਪਾਲ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ


