# ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਹੋਰ ਅਸਰਦਾਰ ਢੰਗ ਨਾਲ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ
# ਜਿਲ੍ਹੇ ‘ਚ 24 ਬਲੈਕਸਪਾਟ ‘ਤੇ ਲੋਕ ਨਿਰਮਾਣ ਵਿਭਾਗ ਅਤੇ ਰਾਸ਼ਟਰੀ ਰਾਜ ਮਾਰਗ ਦੇ ਅਧਿਕਾਰੀਆਂ ਨੂੰ ਸਾਂਝਾ ਦੌਰਾ ਕਰਕੇ ਲੌੜੀਂਦੇ ਕਦਮ ਚੁੱਕਣ ਦੇ ਨਿਰਦੇਸ਼
# ਪੰਜਾਬ ਸਰਕਾਰ ਦੇ ‘ ਪੰਜਾਬ ਸੜਕ ਸਫਾਈ ਮਿਸ਼ਨ ’ ਤਹਿਤ ਅਧਿਕਾਰੀ ਸੜਕ ਦੇ 10-10 ਕਿਲੋਮੀਟਰ ਦੇ ਹਿੱਸੇ ਦੀ ਕਰਨਗੇ ਦੇਖਭਾਲ
ਸ਼ਹੀਦ ਭਗਤ ਸਿੰਘ ਨਗਰ, (ਜਤਿੰਦਰ ਪਾਲ ਸਿੰਘ ਕਲੇਰ )
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਇੱਥੇ ਜਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਵਿਸਥਾਰਤ ਗੱਲਬਾਤ ਕਰਦਿਆਂ ਕਿਹਾ ਕਿ ਹਾਦਸਿਆਂ ਦੀ ਰੋਕਥਾਮ ਲਈ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਹੋਣਾ ਲਾਜ਼ਮੀ ਹੈ ਜਿਸ ਲਈ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾਵੇ ।
ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਅਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਲ੍ਹੇ ਵਿੱਚ ਪੈਂਦੇ 24 ਬਲੈਕਸਪਾਟ ਦਾ ਸਾਂਝਾ ਦੌਰਾ ਕਰਕੇ ਜਲਦ ਤੋਂ ਜਲਦ ਲੌੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਉਨ੍ਹਾਂ ਕਿਹਾ ਕਿ ਲੋਕਾਂ ਦੀ ਸ਼ਮੂਲੀਅਤ ਨਾਲ ਟ੍ਰੈਫਿਕ ਨਿਯਮਾਂ ਦਾ ਵੀ ਪ੍ਰਚਾਰ-ਪ੍ਰਸਾਰ ਯਕੀਨੀ ਬਣਾਇਆ ਜਾਵੇ ਜਿਸ ਨਾਲ ਸੜਕੀ ਹਾਦਸਿਆਂ ਨੂੰ ਵਾਪਰਨ ਤੋਂ ਰੋਕਿਆ ਜਾ ਸਕਦਾ ਹੈ । ਉਨ੍ਹਾਂ ਨੇ ਖੇਤਰੀ ਟਰਾਂਸਪੋਰਟ ਅਧਿਕਾਰੀ, ਟ੍ਰੈਫਿਕ ਪੁਲਿਸ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ।
ਸੇਫ ਸਕੂਲ ਵਾਹਨ ਨੀਤੀ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਅਤੇ ਮੈਨੇਜਮੈਂਟਾਂ ਇਸ ਨੀਤੀ ਤਹਿਤ ਨਿਰਧਾਰਤ ਮਾਪਦੰਡਾਂ ਨੂੰ ਹਰ ਹਾਲ ਯਕੀਨੀ ਬਣਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਸਕੇ। ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਨੇ ਦੱਸਿਆ ਕਿ ਵਿੱਦਿਅਕ ਅਦਾਰਿਆਂ ਵਿੱਚ ਛੁੱਟੀਆਂ ਤੋਂ ਬਾਅਦ ਆਉਂਦੇ ਦਿਨਾਂ ਵਿੱਚ ਟੀਮ ਵੱਲੋਂ ਸਕੂਲ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਡਰਾਇਵਰਾਂ ਦੀ ਸਹੂਲਤ ਲਈ ਟੈਕਸੀ ਸਟੈਂਡਾ ਅਤੇ ਟਰੱਕ ਯੂਨੀਅਨਾਂ ਵਿਖੇ ਅੱਖਾਂ ਦੇ ਜਾਂਚ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਡਰਾਇਵਰਾਂ ਨੂੰ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਤੋਂ ਜਾਣੂ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਿੱਚ ਟ੍ਰੈਫਿਕ ਲਾਈਟਾਂ ਦੇ ਸੁਚੱਜੇ ਪ੍ਰਬੰਧਨ ਅਤੇ ਜ਼ੀਬਰਾ/ਪੀਲੀ ਪੱਟੀ ਨੂੰ ਵੀ ਯਕੀਨੀ ਬਣਾਇਆ ਜਾਵੇ ਜਿਸ ਨਾਲ ਲੋਕਾਂ ਨੂੰ ਲਾਈਟਾਂ ‘ਤੇ ਸਹੂਲਤ ਹੋ ਸਕੇ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ ਪੰਜਾਬ ਸੜਕ ਸਫਾਈ ਮਿਸ਼ਨ ’ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮਿਸ਼ਨ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦਾ ਖਾਕਾ ਤਿਆਰ ਕੀਤਾ ਜਾਵੇ । ਨਵਾਂਸ਼ਹਿਰ ਦੇ ਐਸ.ਡੀ.ਐਮ ਅਨਮਜੋਤ ਕੌਰ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਗਰੁੱਪ ਏ ਅਧਿਕਾਰੀਆਂ ਨੂੰ ਸੜਕ ਦਾ 10-10 ਕਿਲੋਮੀਟਰ ਦਾ ਹਿੱਸਾ ਅਲਾਟ ਕੀਤਾ ਜਾਵੇਗਾ ਜਿਸ ਦੀ ਉਨ੍ਹਾਂ ਵੱਲੋਂ ਮੁਕੰਮਲ ਦੇਖਭਾਲ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਵੱਲੋਂ ਇਨ੍ਹਾਂ ਸੜਕਾਂ ਦੀ ਸਮੇਂ ਸਿਰ ਮੁਰੰਮਤ, ਸਫਾਈ, ਚਿੱਟੀਆਂ-ਪੀਲੀਆਂ ਪੱਟੀਆਂ ਲਾਉਣਾ, ਸੁਰੱਖਿਅਤ ਅਤੇ ਪਹੁੰਚਯੋਗ ਫੁੱਟਪਾਥ, ਸਟਰੀਟ ਲਾਈਟਾਂ, ਰਹਿੰਦ-ਖੁਹੰਦ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ਤੇ ਜਿਲ੍ਹੇ ਵਿੱਚ 4 ਥਾਵਾਂ ਤੇ ਅਧਿਕਾਰੀਆਂ ਨੂੰ ਇਹ ਟੀਚਾ ਦਿੱਤਾ ਗਿਆ ਹੈ ਜਿਸ ਵਿੱਚ ਚੰਡੀਗੜ੍ਹ ਚੌਂਕ ਤੋਂ ਲਵਲੀ ਆਟੋ, ਚੰਡੀਗੜ੍ਹ ਤੋਂ ਕੰਟੀਨੈਂਟਲ ਹੋਟਲ, ਮੀਆਂ ਚੌਂਕ ਤੋਂ ਬ੍ਰਹਮਚਾਰੀ ਮੰਦਿਰ ਬਲਾਚੌਰ, ਮੇਨ ਚੌਂਕ ਤੋਂ ਪ੍ਰਾਇਮਰੀ ਸਕੂਲ ਸਿਆਣਾ ਗੜਸੰਕਰ ਰੋਡ ਬਲਾਚੌਰ, ਗੁਰੂ ਤੇਗ ਬਹਾਦਰ ਗੇਟ ਤੋਂ ਰੇਲਵੇ ਸਟੇਸ਼ਨ ਰੋਡ ਬੰਗਾ, ਡਾਕਟਰ ਸਿੰਘ ਤੋਂ ਰੋਜ਼ਾ ਗੁਲਾਮ ਸ਼ਾਹ, ਗੁਰੂ ਰਵੀਦਾਸ ਰੋਡ ਬੰਗਾ, ਦਿੱਲੀ ਗੇਟ ਤੋਂ ਮਾਛੀਵਾੜਾ ਰੋਡ ਰਾਹੋਂ ਅਤੇ ਸਿੱਧੂ ਹਸਪਤਾਲ ਨੇੜੇ ਤੋਂ ਕਾਟੀ ਗਿਆਨ ਮਿੱਤਲ ਤੱਕ ਸੜਕਾਂ ਦੇ ਹਿੱਸੇ ਸ਼ਾਮਲ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


