ਕਾਲੀ ਵੇਂਈ ਦੀ ਸਫ਼ਾਈ ਦੀ ਵਰ੍ਹੇਗੰਢ ਮਨਾਉਣਾ ਸਿਰਫ਼ ਰਸਮੀ ਕਾਰਵਾਈ ਨਹੀਂ, ਸਗੋਂ ਭਵਿੱਖੀ ਪੀੜੀਆਂ ਲਈ ਸਾਫ਼ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ
ਸੁਲਤਾਨਪੁਰ ਲੋਧੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਦੀ ਸੁਰੱਖਿਆ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦੀ ਅਪੀਲ ਕੀਤੀ। ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਦੇ ਸਮਾਰੋਹ ਦੌਰਾਨ, ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਮੰਨਿਆ ਜਾਂਦਾ ਹੈ, ਪਰ ਇਸ ਸਮੇਂ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਇੱਕ ਵੱਡੀ ਚੁਣੌਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਨਾਲ ਦੂਰ-ਦੂਰ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ, ਪਰ ਹੁਣ ਇਹ 63 ਫੀਸਦੀ ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਅਤੇ ਵਾਤਾਵਰਣ ਦੀ ਸੰਭਾਲ ਲਈ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨ।

ਗੁਰਬਾਣੀ ਦੀ ਤੁਕ ਦਾ ਹਵਾਲਾ ਦਿੰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ, ਪਾਣੀ ਅਤੇ ਧਰਤੀ ਦੀ ਮਹੱਤਤਾ ਨੂੰ ਸਮਝਾਇਆ ਹੈ, ਪਰ ਅਫਸੋਸ ਹੈ ਕਿ ਅਸੀਂ ਇਨ੍ਹਾਂ ਨੂੰ ਪਲੀਤ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਵਾਤਾਵਰਣ ਨੂੰ ਬਹਾਲ ਕਰਨ ਲਈ ਗੁਰਬਾਣੀ ਦੇ ਸਾਰ ਨੂੰ ਆਪਣੇ ਜੀਵਨ ਵਿੱਚ ਲਾਗੂ ਕਰੀਏ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਭਾਗੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ‘ਤੇ ਆਉਣ ਦਾ ਮੌਕਾ ਮਿਲਿਆ। ਉਨ੍ਹਾਂ ਨੇ ਯਾਦ ਦਿਲਾਇਆ ਕਿ ਗੁਰੂ ਸਾਹਿਬ ਨੇ ਇੱਥੇ 14 ਸਾਲ ਗੁਜ਼ਾਰੇ ਅਤੇ ਇਹ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਉਹ ਕਾਲੀ ਵੇਂਈ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਵਿੱਚ ਸ਼ਾਮਲ ਹੋਏ।
ਮੁੱਖ ਮੰਤਰੀ ਨੇ ਕਿਹਾ ਕਿ ਕਾਲੀ ਵੇਂਈ ਦੀ ਸਫ਼ਾਈ ਦੇ ਪ੍ਰੋਜੈਕਟ ਨੇ ਹਵਾ ਅਤੇ ਪਾਣੀ ਦੀ ਸੁਰੱਖਿਆ ਦੀ ਮਹੱਤਤਾ ਬਾਰੇ ਸੰਸਾਰ ਵਿੱਚ ਮਜ਼ਬੂਤ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ 2000 ਵਿੱਚ ਇਸ ਕਾਰਜ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲ ਵਸੀਲਿਆਂ ਦੀ ਰਾਖੀ ਲਈ ਹਰ ਮੁਹਾਜ਼ ‘ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਵਿਕਾਸ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਕਾਲੀ ਵੇਂਈ ਦੀ ਸਫ਼ਾਈ ਦੀ ਵਰ੍ਹੇਗੰਢ ਮਨਾਉਣਾ ਸਿਰਫ਼ ਰਸਮੀ ਕਾਰਵਾਈ ਨਹੀਂ, ਸਗੋਂ ਭਵਿੱਖੀ ਪੀੜੀਆਂ ਲਈ ਸਾਫ਼ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ।


