– ਸਿਵਲ ਸਰਜਨ ਵੱਲੋਂ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ
ਬਲਾਚੌਰ, 23 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਇਸੇ ਉਦੇਸ਼ ਨਾਲ ਬੁੱਧਵਾਰ ਨੂੰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਐਮਰਜੈਂਸੀ ਵਾਰਡ, ਓਟ ਸੈਂਟਰ, ਓ.ਪੀ.ਡੀ. ਤੇ ਆਈ.ਪੀ.ਡੀ. ਸਮੇਤ ਸਮੁੱਚੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਮੈਡੀਕਲ ਰਿਕਾਰਡ ਤੇ ਸਟਾਕ ਰਜਿਸਟਰਾਂ ਨੂੰ ਵੀ ਦੇਖਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਦਿੱਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਸਪੋਰਟਿਵ ਸੁਪਰਵੀਜ਼ਨ ਕੀਤੀ ਜਾਂਦੀ ਹੈ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
ਡਾ. ਸਿੰਘ ਨੇ ਆਮ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਕੁਲਵਿੰਦਰ ਮਾਨ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।


