ਆਈ.ਟੀ.ਆਈ. ਗਰਾਊਂਡ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰ ਸਮਾਗਮ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਤਿਆਰੀਆਂ ਤੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
ਸ਼ਹੀਦ ਭਗਤ ਸਿੰਘ ਨਗਰ, 24 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ )
ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ ਜਦਕਿ ਸਬ ਡਵੀਜ਼ਨ ਪੱਧਰ ’ਤੇ ਬੰਗਾ ਅਤੇ ਬਲਾਚੌਰ ਵਿਖੇ ਆਜ਼ਾਦੀ ਦਿਹਾੜਾ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਤਿਆਰੀਆਂ ਦਾ ਜਾਇਜਾ ਲੈਣ ਲਈ ਰੱਖ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਇੰਤਜਾਮ, ਨਗਰ ਕੌਂਸਲ ਨੂੰ ਸ਼ਹਿਰ ਵਿੱਚ ਸਜਾਵਟ ਅਤੇ ਸਫਾਈ ਪ੍ਰਬੰਧਾਂ, ਜਿਲ੍ਹਾ ਖੇਡ ਅਫਸਰ ਨੂੰ ਗਰਾਊਂਡ ਵਿੱਚ ਬਣਦੇ ਪ੍ਰਬੰਧ, ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਸਟੇਜ ਅਤੇ ਸਟੇਡੀਅਮ ’ਚ ਸਜਾਵਟ ਆਦਿ ਦੀ ਹਦਾਇਤ ਕੀਤੀ ਗਈ । ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੋਜਗਾਰ ਉਤਪਤੀ,ਪੁਲਿਸ, ਖੇਡ, ਜੰਗਲਾਤ ਆਦਿ ਵਿਭਾਗਾਂ ਵੱਲੋਂ ਵੱਖ-ਵੱਖ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਸਮਾਗਮ ਵਿੱਚ ਸ਼ਾਮਲ ਹੋਣਗੀਆਂ । ਇਸੇ ਤਰ੍ਹਾਂ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਅਧਾਰਤ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਤੋਂ ਇਲਾਵਾ ਸੀਨੀਅਰ ਅਧਿਕਾਰੀ ਮੌਜੂਦ ਸਨ।


