
ਬਲਾਚੌਰ, 8 ਅਗਸਤ ( ਜਤਿੰਦਰ ਪਾਲ ਸਿੰਘ ਕਲੇਰ) ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ, ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਅੱਜ ਪਿੰਡ ਜਿਊਵਾਲ ਅਤੇ ਕਿਸ਼ਨਪੁਰ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇੱਕ ਵਿਸ਼ਾਲ ਨਸ਼ਾ ਮੁਕਤੀ ਯਾਤਰਾ ਅਤੇ ਲੋਕ ਸੰਪਰਕ ਅਭਿਆਨ ਕੈਂਪ ਦਾ ਆਯੋਜਨ ਕੀਤਾ। ਇਸ ਮੌਕੇ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਭਿਆਨਕ ਸਮੱਸਿਆ ਪ੍ਰਤੀ ਜਾਗਰੂਕ ਕਰਦਿਆਂ ਨਸ਼ਾ ਮੁਕਤੀ ਦੀ ਸਹੁੰ ਚੁਕਵਾਈ।
ਕੈਂਪ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ, “ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨਾ ਭਗਵੰਤ ਮਾਨ ਸਰਕਾਰ ਦੀ ਪਹਿਲੀ ਤਰਜੀਹ ਹੈ। ਅਸੀਂ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਹਰ ਪਿੰਡ ਅਤੇ ਹਰ ਵਿਅਕਤੀ ਨੂੰ ਜੋੜਨ ਦੀ ਕੋਸ਼ਿਸ਼ ਕਰ ਰਹੇ ਹਾਂ।” ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ।
ਇਸ ਦੌਰਾਨ, ਪਿੰਡ ਵਾਸੀਆਂ ਨੇ ਨਸ਼ਾ ਮੁਕਤੀ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣੀ ਵਚਨਬੱਧਤਾ ਜਤਾਈ। ਕੈਂਪ ਵਿੱਚ ਸਥਾਨਕ ਲੋਕਾਂ ਨੇ ਨਸ਼ਿਆਂ ਦੇ ਮੁੱਦੇ ‘ਤੇ ਚਰਚਾ ਕੀਤੀ ਅਤੇ ਇਸ ਨੂੰ ਰੋਕਣ ਲਈ ਸਮੂਹਿਕ ਯਤਨਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਇਹ ਕੈਂਪ ਪੰਜਾਬ ਸਰਕਾਰ ਦੇ ਉਸ ਉਪਰਾਲੇ ਦਾ ਹਿੱਸਾ ਹੈ, ਜਿਸ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਅਤੇ ਪੁਨਰਵਾਸ ਸਹੂਲਤਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਟਾਰੀਆ ਨੇ ਅੱਗੇ ਕਿਹਾ ਕਿ ਅਜਿਹੇ ਕੈਂਪ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਲਗਾਏ ਜਾਣਗੇ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।
ਪਿੰਡ ਜੀਉਵਾਲ ,ਕਿਸ਼ਨਪੁਰ , ਭਰਥਲਾ ਭਰਥਲਾ ਬੇਟ ਅਤੇ ਆਸਰੋਂ ਦੇ ਇਸ ਕੈਂਪ ਨੂੰ ਸਥਾਨਕ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਨੇ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਇਸ ਮੌਕੇ ਸਮੂਹ ਗ੍ਰਾਮ ਪੰਚਾਇਤਾਂ ਅਤੇ ਪਿੰਡ ਵਾਸੀ ਹਾਜ਼ਰ ਸਨ।


