– ਸਤਲੁਜ ਦਰਿਆ ਨਾਲ ਲੱਗਦੇ ਪਿੰਡ ਔਲੀਆਪੁਰ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਪ੍ਰਬੰਧਾਂ ਦਾ ਨਿਰੀਖਣ
ਬਲਾਚੌਰ, 27 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਹੜ੍ਹਾਂ ਦੇ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਚੌਕਸ ਹੈ। ਇਸੇ ਤਹਿਤ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹਾਂ ਦੇ ਖ਼ਤਰੇ ਦੇ ਚੱਲਦਿਆਂ ਸਿਹਤ ਬਲਾਕ ਬਲਾਚੌਰ ਅਧੀਨ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਔਲੀਆਪੁਰ ਵਿੱਚ ਬੰਨ੍ਹ ਏਰੀਏ ਦਾ ਦੌਰਾ ਕੀਤਾ ਤੇ ਮੈਡੀਕਲ ਐਮਰਜੈਂਸੀ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਾ. ਕੁਲਵਿੰਦਰ ਮਾਨ ਨੇ ਹਦਾਇਤ ਕੀਤੀ ਕਿ ਹੜ੍ਹ ਵਰਗੀਆਂ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਜ਼ਰੂਰੀ ਦਵਾਈਆਂ, ਮੈਡੀਕਲ ਸਾਜੋ-ਸਮਾਨ ਦੀ ਉਪਲੱਬਧਤਾ ਯਕੀਨੀ ਬਣਾਉਣ ਤੇ ਮੈਨਪਾਵਰ ਦੀ ਤਰਕਸੰਗਤ ਢੰਗ ਨਾਲ ਵਰਤੋਂ ਕੀਤੀ ਜਾਵੇ। ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਸਤਲੁਜ ਦਰਿਆ ਨਾਲ ਲੱਗਦੇ ਸਾਰੇ ਪਿੰਡਾਂ ਵਿੱਚ ਐਮਰਜੈਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਸਤਲੁਜ ਦਰਿਆ ਨਾਲ ਲੱਗਦੇ ਸਾਰੇ ਪਿੰਡਾਂ ਵਿੱਚ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਚੌਕਸ ਰਹਿਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਕੁਦਰਤੀ ਆਫਤ ਵਿਚ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਵਿੱਚ ਆਮ ਨਾਗਰਿਕਾਂ ਲਈ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਖਾਸ ਕਰਕੇ ਦੂਸ਼ਿਤ ਪਾਣੀ ਅਤੇ ਵੈਕਟਰ ਬੌਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਹੁੰਦਾ ਹੈ, ਇਸ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ ਅਤੇ ਦੂਸ਼ਿਤ ਪਾਣੀ ਅਤੇ ਵੈਕਟਰ ਬੌਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾਉਣ ਦੇ ਨਾਲ-ਨਾਲ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ। ਡਾ. ਮਾਨ ਨੇ ਕਿਹਾ ਕਿ ਸਿਹਤ ਵਿਭਾਗ ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਚਨਬੱਧ ਹੈ। ਇਸ ਮੌਕੇ ਸਿਹਤ ਇੰਸਪੈਕਟਰ ਦਿਲਬਾਗ ਸਿੰਘ ਤੇ ਹੋਰ ਵੀ ਹਾਜ਼ਰ ਸਨ।


