ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ
ਨਵਾਂਸ਼ਹਿਰ18 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੱਜ ਇੱਥੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਵਾਢੀ ਦੌਰਾਨ ਪਰਾਲੀ ਨੂੰ ਨਾ ਸਾੜਨ ਦਾ ਸੰਦੇਸ਼ ਦਿੱਤਾ ਗਿਆ।
ਐਸ.ਡੀ.ਐਮ. ਅਨਮਜਯੋਤ ਕੌਰ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਨਾਲ ਨਾ ਸਿਰਫ ਵਾਤਾਵਰਣ ਗੰਦਲਾ ਹੁੰਦਾ ਹੈ ਸਗੋਂ ਮਨੁੱਖੀ ਸਿਹਤ ‘ਤੇ ਮਾੜੇ ਅਸਰ ਪੈਣ ਦੇ ਨਾਲ–ਨਾਲ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਅਤੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਕਦੇ ਵੀ ਪਰਾਲੀ ਨੂੰ ਅੱਗ ਨਾ ਲਾ ਕੇ ਖੇਤਾਂ ਵਿੱਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਚਾਹੀਦਾ ਹੈ ਜਿਸ ਲਈ ਖੇਤੀਬਾੜੀ ਵਿਭਾਗ ਵੱਲੋਂ ਸਮੇਂ–ਸਮੇਂ ‘ਤੇ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ ਲਈ ਮਸ਼ੀਨਾਂ ਉਪਲਬੱਧ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਦਰਤੀ ਵਸੀਲਿਆਂ ਦੀ ਸਾਂਭ–ਸੰਭਾਲ ਨੂੰ ਯਕੀਨੀ ਬਣਾਉਣ ਲਈ ਵੱਖ–ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਸਕੇ।
ਪਿਛਲੇ ਕਈ ਸਾਲਾਂ ਤੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਵਾਲੇ ਕਿਸਾਨਾਂ ਦੀ ਸਲਾਹੁਤਾ ਕਰਦਿਆਂ ਐਸ.ਡੀ.ਐਮ ਨੇ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਠੋਸ ਉਪਰਾਲਿਆਂ ਸਦਕਾ ਸਾਕਾਰਤਕ ਨਤੀਜੇ ਸਾਹਮਣੇ ਆਉਣਗੇ ਅਤੇ ਕਿਸਾਨ ਖੇਤਾਂ ਵਿੱਚ ਹੀ ਪਰਾਲੀ ਦਾ ਨਿਪਟਾਰਾ ਕਰਨ ਲਈ ਅੱਗੇ ਵਧਣਗੇ। ਖੇਤੀਬਾੜੀ ਅਫ਼ਸਰ ਡਾ. ਲੇਖਰਾਜ, ਖੇਤੀਬਾੜੀ ਵਿਕਾਸ ਅਫ਼ਸਰ ਮਿਸ ਮੋਨਿਕਾ, ਖੇਤੀਬਾੜੀ ਵਿਸਥਾਰ ਅਫ਼ਸਰ ਅੰਜੂ ਸਾਗਰ ਅਤੇ ਦੀਪਕ ਕੁਮਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਇਸ ਗਲਤ ਰੁਝਾਨ ਨੂੰ ਅਸਰਦਾਰ ਢੰਗ ਨਾਲ ਰੋਕਿਆ ਜਾ ਸਕੇ। ਕਿਸਾਨਾਂ ਨੇ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਪਰਾਲੀ ਦੀ ਸੁਚੱਜੀ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ।


