Thursday, March 13, 2025

16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਤੋਂ 28 ਮਾਰਚ ਤੱਕ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਦੀ ਮਨਜ਼ੂਰੀ ਦੇ ਦਿੱਤੀ। ਇਹ ਫੈਸਲਾ ਮੁੱਖ ਮੰਤਰੀ ਦੀ ਅਧਿਕਾਰਕ ਰਿਹਾਇਸ਼ ‘ਤੇ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੈਸ਼ਨ ਸੱਦਣ ਦੀ ਸਿਫਾਰਸ਼ ਕਰਨ ਦੀ ਮਨਜ਼ੂਰੀ ਦਿੱਤੀ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਦੇ ਅਧੀਨ ਅਧਿਕਾਰਤ ਹਨ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਤੋਂ ਬਾਅਦ ਇਸ ‘ਤੇ ਬਹਿਸ ਕੀਤੀ ਜਾਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਤੋਂ ਬਾਅਦ ਬਜਟ ‘ਤੇ ਵੀ ਬਹਿਸ ਹੋਵੇਗੀ।
ਕਾਲਜ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਕੋਰਸ
ਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰਾਂ ਵਿੱਚ ਸੁਧਾਰ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਲਈ ਵਧੇਰੇ ਯੋਗ ਬਣਾਉਣ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕਾਊਂਸਿਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮਿਟਿਡ ਨਾਲ ਕੀਤੇ ਗਏ ਸਮਝੌਤੇ (ਐਮ.ਓ.ਯੂ.) ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਊਰਮੈਂਟ ਐਕਟ 2019 ਦੀ ਧਾਰਾ 63(1) ਤੋਂ ਛੋਟ ਦੇਣ ਦੀ ਮਨਜ਼ੂਰੀ ਦਿੱਤੀ ਹੈ। ਇਸ ਸਮਝੌਤੇ ਦੇ ਨਿਯਮਾਂ ਅਤੇ ਸ਼ਰਤਾਂ ਦੇ ਅਧਾਰ ‘ਤੇ, ਅਗਲੇ ਦੋ ਵਿੱਤੀ ਵਰ੍ਹਿਆਂ 2025-26 ਅਤੇ 2026-27 ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਹ ਛੋਟ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕੀਤੀ ਜਾਵੇਗੀ। ਇਸ ਪਹਿਲਕਦਮੀ ਨਾਲ, ਹਰ ਸਾਲ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਲਗਭਗ ਪੰਜ ਹਜ਼ਾਰ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ। ਇਹ ਛੋਟ ਇਸ ਸਕੀਮ ਨੂੰ ਬਿਨਾਂ ਕਿਸੇ ਰੁਕਾਵਟ ਦੇ ਚਲਾਉਣ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਏਗੀ।
ਸੂਬੇ ਵਿੱਚ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇਣ ਲਈ 40 ਹੁਨਰ ਸਿੱਖਿਆ ਸਕੂਲ ਖੋਲ੍ਹੇ ਜਾਣਗੇ। ਕੈਬਨਿਟ ਨੇ ਇਸ ਪ੍ਰੋਜੈਕਟ ਲਈ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਦੇ ਮੌਕੇ ਉਪਲਬਧ ਹੋਣਗੇ। ਇਸ ਫੈਸਲੇ ਦੇ ਅਨੁਸਾਰ, 32 ਕਰੋੜ ਰੁਪਏ ਦੀ ਲਾਗਤ ਨਾਲ ਇਹ ਸਕੂਲ ਖੁਲਣਗੇ, ਜਿੱਥੇ ਬੈਂਕਿੰਗ, ਵਿੱਤੀ ਸੇਵਾਵਾਂ, ਡਿਜੀਟਲ ਡਿਜ਼ਾਇਨ, ਬਿਊਟੀ ਅਤੇ ਸਿਹਤ ਸੰਭਾਲ ਵਿਗਿਆਨਾਂ ਵਰਗੀਆਂ ਵਿਸ਼ਿਆਂ ‘ਤੇ ਸਿਖਲਾਈ ਦਿੱਤੀ ਜਾਵੇਗੀ। ਇਸ ਦੇ ਨਾਲ-ਨਾਲ, ਵਿਦਿਆਰਥੀਆਂ ਨੂੰ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ ਅਤੇ ਰੋਜ਼ਾਨਾ ਜੀਵਨ ਵਿੱਚ ਤਕਨਾਲੋਜੀ ਦੀ ਵਰਤੋਂ ਬਾਰੇ ਕੋਰਸ ਵੀ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ, ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ 2022-23 ਅਤੇ 2023-24 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦਿੱਤੀ ਹੈ।

Related Articles

LEAVE A REPLY

Please enter your comment!
Please enter your name here

Latest Articles