ਬਲਾਚੌਰ, 12 ਅਕਤੂਬਰ(ਜਤਿੰਦਰ ਪਾਲ ਸਿੰਘ ਕਲੇਰ ) ਬਲਾਕ ਬਲਾਚੌਰ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਕੌਮੀ ਪਲਸ ਪੋਲੀਓ ਮੁਹਿੰਮ ਤਹਿਤ 1541 ਸ਼ਹਿਰੀ ਤੇ 5109 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਬਲਾਚੌਰ ਵਿੱਚ 1541 ਸ਼ਹਿਰੀ ਤੇ 5109 ਪੇਂਡੂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਲਈ 3030 ਸ਼ਹਿਰੀ ਤੇ 9260 ਪੇਂਡੂ ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਨੇ ਸਿਹਤ ਟੀਮਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ, ਕਿਉਂਕਿ ਸਿਹਤ ਵਿਭਾਗ ਵੱਲੋਂ ਬਲਾਕ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਵੱਡੀ ਪੱਧਰ ’ਤੇ ਚਲਾਉਣ ਲਈ ਠੋਸ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ 131 ਟੀਮਾਂ ਪੇਂਡੂ, 26 ਟੀਮਾਂ ਸ਼ਹਿਰੀ ਖੇਤਰ ਅਤੇ 2 ਟੀਮਾਂ ਟਰਾਂਜਿਟ ਬੂਥਾਂ ‘ਤੇ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ 7 ਮੋਬਾਇਲ ਟੀਮਾਂ ਲਾਈਆਂ ਗਈਆਂ ਹਨ ਤਾਂ ਜੋ ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜੵਿਆ ਜਾ ਸਕੇ।
ਨੋਡਲ ਅਫ਼ਸਰ ਡਾ. ਸੰਦੀਪ ਗਿੱਲ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਭਾਰਤ ਨੂੰ ਮਾਰਚ 2014 ਵਿੱਚ ਪੋਲੀਓ ਮੁਕਤ ਦੇਸ਼ ਐਲਾਨਿਆ ਗਿਆ ਸੀ ਅਤੇ ਉਦੋਂ ਤੋਂ ਹੁਣ ਤੱਕ ਕੋਈ ਵੀ ਪੋਲੀਓ ਕੇਸ ਸਾਹਮਣੇ ਨਹੀਂ ਆਇਆ, ਪਰ ਗੁਆਂਢੀ ਦੇਸ਼ਾਂ ਵਿਚ ਪੋਲੀਓ ਦੇ ਵਾਇਰਸ ਦਾ ਸੰਚਾਰ ਜਾਰੀ ਹੈ, ਜਿਸ ਕਰਕੇ ਭਾਰਤ ‘ਤੇ ਇਸ ਬਿਮਾਰੀ ਦਾ ਖਤਰਾ ਬਰਕਰਾਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਦਵਾਈ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ 13 ਤੇ 14 ਅਕਤੂਬਰ ਨੂੰ ਕਵਰ ਕੀਤਾ ਜਾਵੇਗਾ।


