‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 13ਵੇਂ ਦਿਨ, ਪੰਜਾਬ ਪੁਲਿਸ ਨੇ 578 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਇਸ ਮੁਹਿੰਮ ਦੇ ਦੌਰਾਨ, 95 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। 13 ਦਿਨਾਂ ਵਿੱਚ ਕੁੱਲ 1821 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਛਾਪੇਮਾਰੀ ਦੌਰਾਨ 2.8 ਕਿਲੋ ਹੈਰੋਇਨ, 7.9 ਕਿਲੋ ਭੁੱਕੀ, 4960 ਨਸ਼ੇ ਦੀਆਂ ਗੋਲੀਆਂ/ਟੀਕੇ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਹ ਕਾਰਵਾਈ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇਕੱਠੇ ਕੀਤੀ ਗਈ। ਸੰਗਰੂਰ ਵਿੱਚ, ਐਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੇ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿੱਚ ਛਾਪੇਮਾਰੀ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕਿਹਾ ਹੈ। ਇਸ ਮਕਸਦ ਲਈ, ਪੰਜਾਬ ਸਰਕਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਹੈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਨਾਲ 270 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ, ਜਿਸ ਦੌਰਾਨ 917 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ.) – ਨੂੰ ਲਾਗੂ ਕੀਤਾ ਹੈ। ਇਸ ਰਣਨੀਤੀ ਦੇ ਤਹਿਤ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ਦੇ ਯਤਨਾਂ’ ਦੇ ਹਿੱਸੇ ਵਜੋਂ ਅੱਠ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਸਮਾਜ ਵਿੱਚ ਮੁੜ ਵਸਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ, ਨਸ਼ਿਆਂ ਦੀ ਰੋਕਥਾਮ ਲਈ ਸੂਬੇ ਭਰ ਵਿੱਚ 158 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਵੀ ਕੀਤਾ ਗਿਆ।