Join
Wednesday, March 18, 2026
Wednesday, March 18, 2026

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਦਿੱਤੀ ਟ੍ਰੇਨਿੰਗ  

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਮਾਹਰਾਂ ਨੇ ਕਰਾਇਆ ਬਲਾਕ ਪੱਧਰੀ ਸਿਖਲਾਈ ਕੋਰਸ
ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਤ

ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ )

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਪਿੰਡ ਸੜੋਆ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਬਲਾਕ ਪੱਧਰੀ ਸਿਖਲਾਈ ਕੋਰਸ ਲਾਇਆ ਗਿਆ ਜਿੱਥੇ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਜਸਵਿੰਦਰ ਕੁਮਾਰ, ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਟ੍ਰੇਨਿੰਗ ਕੈਂਪ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ। 

ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਕੁਮਾਰ ਨੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਵਧਾਨੀਆਂ ਬਾਰੇ ਵਿਸਥਾਰ ਵਿਚ ਦੱਸਿਆ । ਇਸ ਮੌਕੇ ਡਾ. ਬਲਜੀਤ ਸਿੰਘ ਨੇ ਹਾੜ੍ਹੀ ਦੀਆਂ ਫਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਚਾਨਣਾ ਪਾਇਆ। ਉਨ੍ਹਾਂ ਕਣਕ ਦੀ ਫ਼ਸਲ ਉੱਤੇ ਪਰਾਲੀ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਅਤੇ ਚੂਹਿਆਂ ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸੇ ਲੜੀ ਵਿੱਚ ਖੇਤੀਬਾੜੀ ਅਫ਼ਸਰ ਡਾ ਨਿਤਿਨ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਣ ਵਾਲੀਆਂ ਖਾਦਾਂ ਬਾਰੇ ਵੀ ਜਾਣੂ ਕਰਵਾਉਣ ਦੇ ਨਾਲ-ਨਾਲ ਬੇਲੋੜੀਆਂ ਕੈਮੀਕਲ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਕੈਂਪ ਵਿੱਚ ਸੌ ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਪਰਾਲੀ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।

Related Articles

LEAVE A REPLY

Please enter your comment!
Please enter your name here

Latest Articles

2

2