ਆਈ.ਟੀ.ਆਈ ਗਰਾਊਂਡ ਵਿਖੇ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’
22 ਨਵੰਬਰ ਨੂੰ ਨਵਾਂਸ਼ਹਿਰ ਪੁੱਜੇਗਾ ਵਿਸ਼ਾਲ ਨਗਰ ਕੀਰਤਨ
ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ
15 ਨਵੰਬਰ ਨੂੰ ਪਿੰਡ ਹਕੀਮਪੁਰ ਤੇ ਨਵਾਂਸ਼ਹਿਰ ਅਤੇ 16 ਨਵੰਬਰ ਨੂੰ ਪਿੰਡ ਦੁਰਗਾਪੁਰ ਵਿਖੇ ਕਰਵਾਏ ਜਾਣਗੇ ਕੀਰਤਨ ਦਰਬਾਰ
ਨਵਾਂਸ਼ਹਿਰ, 13 ਨਵੰਬਰ(ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ’ਤੇ ਆਧਾਰਤ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ 17 ਨਵੰਬਰ ਨੂੰ ਹੋਵੇਗਾ।
ਗੁਰਦੁਆਰਾ ਛੇਵੀਂ ਪਾਤਸ਼ਾਹੀ, ਕਸ਼ਮੀਰ ਤੋਂ 19 ਨਵੰਬਰ ਨੂੰ ਸ਼ੁਰੂ ਹੋ ਕੇ ਵਿਸ਼ਾਲ ਨਗਰ ਕੀਰਤਨ 22 ਨਵੰਬਰ ਨੂੰ ਜ਼ਿਲ੍ਹੇ ਵਿੱਚ ਦਾਖਲ ਹੋਵੇਗਾ ਜਿਥੇ ਵੱਖ-ਵੱਖ ਥਾਂਵਾਂ ‘ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਐਸ.ਐਸ.ਪੀ. ਮਹਿਤਾਬ ਸਿੰਘ ਨੇ ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਸਮੁੱਚੇ ਇੰਤਜਾਮ ਆਮਲ ਵਿੱਚ ਲਿਆਉਣ ਦੀ ਤਾਕੀਦ ਕੀਤੀ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸ਼ਹਾਦਤ ’ਤੇ ਆਧਾਰਤ ਲਾਈਟ ਐਂਡ ਸਾਊਂਡ ਸ਼ੋਅ ਸੋਮਵਾਰ ਨੂੰ ਸ਼ਾਮ 5 ਵਜੇ ਆਈ.ਟੀ.ਆਈ ਗਰਾਊਂਡ ਵਿਖੇ ਸ਼ੁਰੂ ਹੋਵੇਗਾ ਜਿਥੇ ਢਾਡੀ ਜੱਥੇ ਵਾਰਾਂ ਗਾਉਣਗੇ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਚਾਨੰਣਾ ਪਾਇਆ ਜਾਵੇਗਾ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ, ਆਵਾਜਾਈ ਅਤੇ ਪਾਰਕਿੰਗ ਦੇ ਢੁੱਕਵੇਂ ਇੰਤਜਾਮ ਕਰਨ ਦੇ ਨਾਲ-ਨਾਲ ਬਾਕੀ ਸਬੰਧਤ ਵਿਭਾਗਾਂ ਨੂੰ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਸੰਗਤਾਂ ਨੂੰ ਸਹੂਲੀਅਤ ਹੋ ਸਕੇ।
ਵਿਸ਼ਾਲ ਨਗਰ ਕੀਰਤਨ ਦੀ ਆਮਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਸਭ ਤੋਂ ਪਹਿਲਾਂ ਜ਼ਿਲ੍ਹੇ ’ਚ ਦਾਖਲ ਹੋਣ ਉਪਰੰਤ ਨਗਰ ਕੀਰਤਨ ਦਾ ਗੁਰਦੁਆਰਾ ਚਰਨ ਕੰਵਲ ਸਾਹਿਬ, ਬੰਗਾ ਅਤੇ ਸੰਗਤਾਂ ਵਲੋਂ ਵੱਖ-ਵੱਖ ਥਾਂਵਾਂ ’ਤੇ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੰਗਤਾਂ ਵਲੋਂ ਵੱਖ-ਵੱਖ ਥਾਂਵਾਂ ’ਤੇ ਲੰਗਰ ਆਦਿ ਦੇ ਇੰਤਜਾਮ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਮਾਗਮਾਂ ਦੀ ਲੜੀ ਤਹਿਤ 15 ਨਵੰਬਰ ਨੂੰ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਹਕੀਮਪੁਰ, ਬੰਗਾ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਬੰਗਾ ਰੋਡ, ਨਵਾਂਸ਼ਹਿਰ ਵਿਖੇ ਕੀਰਤਨ ਸਮਾਗਮ ਕਰਵਾਏ ਜਾਣਗੇ। ਜਿਸ ਦੌਰਾਨ ਸੰਗਤਾਂ ਨੂੰ ਗੁਰੂ ਜੀ ਦੇ ਮਹਾਨ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਬਾਰੇ ਦੱਸਿਆ ਜਾਵੇਗਾ। ਇਸੇ ਤਰ੍ਹਾਂ 16 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਦੁਰਗਾਪੁਰ ਵਿਖੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਥੇ ਕੀਰਤਨੀ ਜਥੇ ਸੰਗਤਾਂ ਨੂੰ ਈਲਾਹੀ ਬਾਣੀ ਨਾਲ ਜੋੜਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਪੀ ਇਕਬਾਲ ਸਿੰਘ, ਐਸ.ਡੀ.ਐਮ. ਅਨਮਜਯੋਤ ਕੌਰ, ਐਸ.ਡੀ.ਐਮ. ਇੰਦਰਪਾਲ, ਐਸ.ਡੀ.ਐਮਨ ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।


