ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ
ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ )
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਹੁਣ ਤੱਕ 15 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 12 ਮਾਮਲਿਆਂ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 75000 ਰੁਪਏ ਦਾ ਵਾਤਾਵਰਣ ਮੁਆਵਜਾ ਲਾਉਣ ਤੋਂ ਇਲਾਵਾ ਐਫ.ਆਈ.ਆਰ ਅਤੇ ਖਸਰਾ ਗਿਦਾਵਰੀ ਵਿੱਚ ਲਾਲ ਐਂਟਰੀ ਦਰਜ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲਾਂ ਨਾਲੋਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਕਮੀ ਦਰਜ ਕੀਤੀ ਗਈ ਹੈ ਕਿਉਂਕਿ ਸਾਲ 2023 ਦੌਰਾਨ ਇਹ ਮਾਮਲੇ 201 ਸਨ ਅਤੇ 2024 ਵਿੱਚ 27 ਥਾਂਵਾਂ ’ਤੇ ਖੇਤਾਂ ਵਿੱਚ ਅੱਗ ਲਗਣ ਦੇ ਮਾਮਲੇ ਸਾਹਮਣੇ ਆਏ ਸਨ ਜਦਕਿ ਸਾਲ 2025 ਦੌਰਾਨ ਹੁਣ ਤੱਕ ਇਨ੍ਹਾਂ ਮਾਮਲਿਆਂ ਦੀ ਗਿਣਤੀ 15 ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਅੱਗ ਲਾਉਣ ਨਾਲ ਵਾਤਾਵਰਣ ਦੇ ਨੁਕਸਾਨ ਤੋਂ ਇਲਾਵਾ ਮਨੁੱਖੀ ਸਿਹਤ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਲਈ ਵੀ ਖਤਰਾ ਪੈਦਾ ਹੁੰਦਾ ਹੈ ਜਿਸ ਦੇ ਮੱਦੇਨਜ਼ਰ ਪਰਾਲੀ ਦੇ ਮਸ਼ੀਨੀ ਪ੍ਰਬੰਧਨ ਨੂੰ ਹਮੇਸ਼ਾਂ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮਸ਼ੀਨਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਜਿਸ ਦਾ ਕਿਸਾਨਾਂ ਨੂੰ ਜਨਤਕ ਹਿੱਤਾਂ ਦੇ ਮੱਦੇਨਜ਼ਰ ਭਰਪੂਰ ਲਾਭ ਲੈਣਾ ਚਾਹੀਦਾ ਹੈ।
ਕੌਮੀ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨਰ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਪਰਾਲੀ ਦੀ ਅੱਗ ਲਾਉਣ ਤੋਂ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ 2716 ਇਨ-ਸੀਟੂ ਅਤੇ ਐਕਸ-ਸੀਟੂ ਮਸ਼ੀਨਾਂ ਸਬਸਿਡੀ ’ਤੇ ਉਪਲਬੱਧ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕਿਸਾਨਾਂ, ਕਸਟਮ ਹਾਇਰਿੰਗ ਸੈਂਟਰ ਅਤੇ ਕੋਅਪ੍ਰੇਟਿਵ ਸੋਸਾਇਟੀਆਂ ਕੋਲ ਮੌਜੂਦ ਮਸ਼ੀਨਾਂ ਲਈ ਕਿਸਾਨਾਂ ਨੂੰ ਲਿੰਕ ਕੀਤਾ ਗਿਆ ਹੈ ਅਤੇ ਵਿਲੇਜ ਨੋਡਲ ਅਫ਼ਸਰਾਂ ਵੱਲੋਂ ਛੋਟੇ ਅਤੇ ਲੋੜਵੰਦ ਕਿਸਾਨ ਨੂੰ ਪਹਿਲ ਦੇ ਆਧਾਰ ‘ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਮੇਂ ਸਮੇਂ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।


