ਇਲਾਕੇ ਲਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਹੋਰ ਜਰੂਰੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ: ਸੀ ਐੱਮ ਭਗਵੰਤ ਸਿੰਘ ਮਾਨ
ਸ੍ਰੀ ਅਨੰਦਪੁਰ ਸਾਹਿਬ ਵਿੱਚ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਚੁੱਕੀ ਹੈ। ਹੋਲਾ-ਮਹੱਲਾ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਉੱਥੇ ਮੌਜੂਦ ਰਹੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੋਲਾ-ਮਹੱਲਾ ਸਿਰਫ ਇੱਕ ਧਰਮ ਜਾਂ ਬਿਰਾਦਰੀ ਦਾ ਤਿਉਹਾਰ ਨਹੀਂ, ਬਲਕਿ ਇਹ ਸਮੁੱਚੀ ਮਨੁੱਖਤਾ ਦਾ ਤਿਉਹਾਰ ਹੈ। ਉਹਨਾਂ ਨੇ ਦੱਸਿਆ ਕਿ ਅੱਜ ਦੇਸ਼ ਅਤੇ ਦੁਨੀਆ ਭਰ ਤੋਂ ਲੱਖਾਂ ਲੋਕ ਗੁਰੂ ਦੇ ਚਰਨਾਂ ਵਿੱਚ ਮੱਥਾ ਟੇਕ ਰਹੇ ਹਨ। ਨਵੇਂ ਜਥੇਦਾਰ ਦੀ ਨਿਯੁਕਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਅਤੇ ਉਹ ਇਸ ਪਵਨ ਦਿਨ ‘ਤੇ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੇ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ, ਅਤੇ ਜਲਦ ਹੀ ਇਲਾਕੇ ਲਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਹੋਰ ਜਰੂਰੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।