ਪੰਥਕ ਜਥੇਬੰਦੀਆਂ ਨੇ ਭਾਈ ਕੁਲਦੀਪ ਸਿੰਘ ਗੜਗੱਜ ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਵਜੋਂ ਨਿਯੁਕਤੀ ਨੂੰ ਕੀਤਾ ਰੱਦ
ਸ੍ਰੀ ਆਨੰਦਪੁਰ ਸਾਹਿਬ ‘ਚ ਪੰਥਕ ਜਥੇਬੰਦੀਆਂ ਨੇ ਇੱਕ ਵੱਡਾ ਇਕੱਠ ਕੀਤਾ ਹੈ। ਇਸ ਮੌਕੇ, ਜਥੇਬੰਦੀਆਂ ਦੇ ਆਗੂਆਂ ਨੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਅਤੇ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੜ ਸੇਵਾ ਸਾਂਭਣ ਦੀ ਅਪੀਲ ਕੀਤੀ। ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਨਵੇਂ ਜਥੇਦਾਰਾਂ ਦੇ ਵਿਰੋਧ ਲਈ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ, ਸਿੱਖ ਜਥੇਬੰਦੀਆਂ ਨੇ ਜੈਕਾਰਿਆਂ ਦੇ ਨਾਲ 6 ਮਤੇ ਪਾਸ ਕੀਤੇ ਹਨ।
ਮਤਾ ਨੰ. 1: ਇਹ ਪੰਥਕ ਇਕੱਠ ਭਾਈ ਕੁਲਦੀਪ ਸਿੰਘ ਗੜਗੱਜ ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਵਜੋਂ ਨਿਯੁਕਤੀ ਨੂੰ ਰੱਦ ਕਰਦਾ ਹੈ। ਇਸ ਦੇ ਨਾਲ, ਬਾਬਾ ਟੇਕ ਸਿੰਘ ਧਨੌਲਾ ਦੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਨਿਯੁਕਤੀ ਵੀ ਰੱਦ ਕੀਤੀ ਜਾਂਦੀ ਹੈ, ਕਿਉਂਕਿ ਇਹ ਨਿਯੁਕਤੀਆਂ ਪੰਥਕ ਪਰੰਪਰਾਵਾਂ ਅਤੇ ਭਾਵਨਾਵਾਂ ਦੇ ਅਨੁਕੂਲ ਨਹੀਂ ਹਨ। ਇਹ ਪੰਥਕ ਇਕੱਠ ਸਾਰੀ ਸਿੱਖ ਕੌਮ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕਰਦਾ ਹੈ ਕਿ ਇਹਨਾਂ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਜਾਵੇ।
ਮਤਾ ਨੰ. 02:- ਅੱਜ ਦਾ ਇਹ ਪੰਥਕ ਇਕੱਠ ਇਹ ਮਤਾ ਪਾਸ ਕਰਦਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ, ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਤਖਤ ਸਾਹਿਬਾਨ ਦੇ ਜਥੇਦਾਰ ਵਜੋਂ ਤੁਰੰਤ ਸੇਵਾ ਸੰਭਾਲਣ ਲਈ ਮੁੜ ਸੌਂਪਿਆ ਜਾਵੇ, ਤਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰ ਸਕੇ।
ਮਤਾ ਨੰ. 03:- ਅੱਜ ਦਾ ਇਹ ਪੰਥਕ ਇਕੱਠ ਅੰਤਰਿੰਗ ਕਮੇਟੀ ਦੇ ਤਿੰਨ ਮੈਂਬਰਾਂ ਦਾ ਧੰਨਵਾਦ ਕਰਦਾ ਹੈ, ਜਿਨ੍ਹਾਂ ਨੇ ਕੌਮੀ ਭਾਵਨਾ ਦੀ ਪੇਸ਼ਕਸ਼ ਕਰਦਿਆਂ ਸਿੰਘ ਸਾਹਿਬਾਨਾਂ ਨੂੰ ਹਟਾਉਣ ਵਾਲੇ ਮਤੇ ਦਾ ਵਿਰੋਧ ਕੀਤਾ। ਬਾਕੀ ਦੇ 11 ਮੈਂਬਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 17 ਤਰੀਕ ਨੂੰ ਪਹਿਲਾਂ ਵਾਲੇ ਜਥੇਦਾਰਾਂ ਦੀ ਸੇਵਾ ਬਹਾਲ ਕਰਨ ਅਤੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਰੱਦ ਕਰਨ।
ਇਸ ਇਕੱਠ ਨੇ ਸਿੱਖ ਸੰਗਤਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅੰਤਰਿੰਗ ਕਮੇਟੀ ਦੇ 11 ਮੈਂਬਰਾਂ ਨੂੰ ਮਿਲ ਕੇ ਇਹ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨ ਕਿ ਉਹ 17 ਤਰੀਕ ਨੂੰ ਆਪਣੇ ਫਰਜ਼ਾਂ ਨੂੰ ਪਛਾਣਦੇ ਹੋਏ ਸਿੱਖ ਪੰਥ ਦੀਆਂ ਭਾਵਨਾਵਾਂ ਦੀ ਪੇਸ਼ਕਸ਼ ਕਰਨਗੇ। ਜੇ ਉਹ ਇਸ ਲਈ ਸਹਿਮਤ ਨਹੀਂ ਹੁੰਦੇ, ਤਾਂ ਸਿੱਖ ਸੰਗਤਾਂ ਨੂੰ ਉਹਨਾਂ ਦਾ ਘਰਾਓ ਕਰਕੇ ਫੈਸਲਾ ਲੈਣ ਲਈ ਮਜਬੂਰ ਕਰਨ ਦੀ ਸਲਾਹ ਦਿੱਤੀ ਗਈ ਹੈ।
ਮਤਾ ਨੰ. 04:- ਅੱਜ ਦਾ ਇਹ ਪੰਥਕ ਇਕੱਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕਰਦਾ ਹੈ ਕਿ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਉਨ੍ਹਾਂ ਦੀ ਸੇਵਾ ਮੁਕਤੀ ਲਈ ਇੱਕ ਵਿਧੀਕ ਪ੍ਰਕਿਰਿਆ ਬਣਾਈ ਜਾਵੇ, ਜਿਸ ਵਿੱਚ ਸਮੂਹ ਜਥੇਬੰਦੀਆਂ, ਸੰਪਰਦਾਵਾਂ ਅਤੇ ਸਿੱਖ ਬੁੱਧੀਜੀਵੀਆਂ ਦੀ ਸਹਿਮਤੀ ਹੋਵੇ, ਤਾਂ ਜੋ ਤਖਤ ਸਾਹਿਬਾਨ ਦੀ ਮਾਣ ਅਤੇ ਸਤਿਕਾਰ ਨੂੰ ਸਦੀਵ ਲਈ ਬਰਕਰਾਰ ਰੱਖਿਆ ਜਾ ਸਕੇ।
ਮਤਾ ਨੰ. 05:- ਅੱਜ ਦਾ ਇਹ ਪੰਥਕ ਇਕੱਠ ਸੰਗਤਾਂ ਨੂੰ ਅਪੀਲ ਕਰਦਾ ਹੈ ਕਿ ਉਹ ਆਪਣੇ ਹਲਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ 28 ਮਾਰਚ ਨੂੰ ਹੋਣ ਵਾਲੇ ਬਜਟ ਇਜਲਾਸ ਤੋਂ ਪਹਿਲਾਂ ਮਿਲ ਕੇ ਇਹ ਯਕੀਨੀ ਬਣਾਉਣ ਲਈ ਸੰਪਰਕ ਕਰਨ ਕਿ ਉਹ ਅੰਤਰਿੰਗ ਕਮੇਟੀ ਦੇ ਪੰਥ ਵਿਰੋਧੀ ਫੈਸਲਿਆਂ ਨੂੰ ਰੱਦ ਕਰਨ ਲਈ ਆਪਣਾ ਯੋਗਦਾਨ ਦੇਣਗੇ। ਜੇਕਰ ਉਹ ਆਪਣਾ ਫਰਜ਼ ਨਹੀਂ ਪਹਿਚਾਣਦੇ, ਤਾਂ ਅੱਜ ਦਾ ਇਹ ਪੰਥਕ ਇਕੱਠ ਫੈਸਲਾ ਕਰਦਾ ਹੈ ਕਿ 28 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੇ ਦਿਨ, ਸਰਦਾਰ ਤੇਜਾ ਸਿੰਘ ਸਮੁੰਦਰੀ ਹਾਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ, ਹਰ ਪਿੰਡ ਤੋਂ ਸਿੱਖ ਸੰਗਤਾਂ ਨੂੰ ਇਕੱਠਾ ਹੋਣ ਲਈ ਆਉਣ ਦੀ ਅਪੀਲ ਕੀਤੀ ਜਾਵੇਗੀ। ਇਸ ਲਈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਆਪਣੇ ਫਰਜ਼ ਨੂੰ ਨਹੀਂ ਪਹਿਚਾਣਦੇ, ਉਹ ਸੰਗਤਾਂ ਦੇ ਗੁੱਸੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਮਤਾ ਨੰ. 06:- ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖਤ ਸਾਹਿਬਾਂ ਦੀ ਮਾਣ ਮਰਿਆਦਾ ਅਤੇ ਸਤਿਕਾਰ ਨੂੰ ਜੋ ਨੁਕਸਾਨ ਪਹੁੰਚਿਆ ਹੈ ਅਤੇ ਸਿੱਖ ਪੰਥ ਵਿੱਚ ਜੋ ਸੰਕਟ ਉਭਰੇ ਹਨ, ਉਨ੍ਹਾਂ ਦੇ ਸਬੰਧ ਵਿੱਚ ਅੱਜ ਦਾ ਇਹ ਪੰਥਕ ਇਕੱਠ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਨੂੰ ਅਪੀਲ ਕਰਦਾ ਹੈ ਕਿ ਉਹ ਸਾਰੇ ਸੰਤ ਸਮਾਜ, ਸਿੱਖ ਸੰਪਰਦਾਵਾਂ, ਮਹਾਂਪੁਰਖਾਂ ਅਤੇ ਜਥੇਬੰਦੀਆਂ ਨੂੰ ਇਕੱਠਾ ਕਰਕੇ ਸਿੱਖ ਪੰਥ ਨੂੰ ਇਨ੍ਹਾਂ ਮੁਸ਼ਕਲਾਂ ਤੋਂ ਬਾਹਰ ਕੱਢਣ ਲਈ ਅਗਵਾਈ ਕਰਨ। ਦਮਦਮੀ ਟਕਸਾਲ ਦਾ ਇਤਿਹਾਸ ਇਹ ਦਰਸਾਉਂਦਾ ਹੈ ਕਿ ਸਮੇਂ-ਸਮੇਂ ‘ਤੇ ਪੰਥ ਵਿੱਚ ਆਏ ਧਾਰਮਿਕ ਅਤੇ ਰਾਜਸੀ ਸੰਕਟਾਂ ਦਾ ਸਾਹਮਣਾ ਕਰਨ ਵਿੱਚ ਦਮਦਮੀ ਟਕਸਾਲ ਦੇ ਮੁਖੀ ਹੀ ਪੰਥ ਦੀ ਅਗਵਾਈ ਕਰਦੇ ਰਹੇ ਹਨ, ਅਤੇ ਅੱਜ ਵੀ ਇਹ ਬਹੁਤ ਜਰੂਰੀ ਹੈ।