ਬਲਾਚੌਰ 15 ਦਸੰਬਰ (ਜਤਿੰਦਰ ਪਾਲ ਸਿੰਘ ਕਲੇਰ )- ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਜ਼ਿਲੇ ਭਰ ਦੇ ਵੋਟਰਾਂ ਵੱਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮਿਲੀ ਲੋਕ ਹਮਾਇਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜਨਤਾ ਹੁਣ ਮੁੜ ਕਾਂਗਰਸ ਪਾਰਟੀ ਵੱਲ ਉਮੀਦ ਅਤੇ ਵਿਸ਼ਵਾਸ ਨਾਲ ਤੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ‘ਆਪ’ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਆਮ ਜਨਤਾਂ ‘ਚ ਨਿਰਾਸ਼ਾ ਵਧੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੁਨਿਆਦੀ ਸਹੂਲਤਾਂ, ਰੋਜ਼ਗਾਰ, ਕਿਸਾਨੀ ਮਸਲੇ, ਨੌਜਵਾਨਾਂ ਦੇ ਭਵਿੱਖ ਅਤੇ ਪਿੰਡ ਪੱਧਰੀ ਵਿਕਾਸ ਵਰਗੇ ਮੁੱਦਿਆਂ ‘ਤੇ ਸਰਕਾਰ ਨਾਕਾਮ ਰਹੀ ਹੈ। ਇਸੀ ਕਾਰਨ ਲੋਕਾਂ ਦਾ ਰੁਝਾਨ ਤੇ ਭਰੋਸਾ ਹੁਣ ਕਾਂਗਰਸ ਪਾਰਟੀ ਵੱਲ ਵਧਿਆ ਹੈ। ਉਨ੍ਹਾਂ ਆਖਿਆ ਕਿ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਦੌਰਾਨ ਕਾਂਗਰਸ ਪਾਰਟੀ ਇਕ ਵੱਡੀ ਧਿਰ ਵਜੋਂ ਉਭਰ ਕੇ ਸਾਹਮਣੇ ਆਵੇਗੀ। ਇਹ ਨਤੀਜੇ ਲੋਕਾਂ ਦੀ ਸੋਚ ਅਤੇ ਸਰਕਾਰ ਪ੍ਰਤੀ ਬਣੀ ਰਾਇ ਨੂੰ ਸਪਸ਼ਟ ਤੌਰ ’ਤੇ ਦਰਸਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਪਿੰਡਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ। ਅਜੇ ਮੰਗੂਪੁਰ ਨੇ ਸਮੁੱਚੇ ਕਾਂਗਰਸੀ ਵੋਟਰਾਂ, ਵਰਕਰਾਂ ਅਤੇ ਆਗੂ ਸਾਹਿਬਾਨਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਪਾਰਟੀ ਵਰਕਰਾਂ ਨੇ ਇਕਜੁੱਟ ਹੋ ਕੇ ਮਿਹਨਤ ਕੀਤੀ, ਜਿਸ ਦਾ ਨਤੀਜਾ ਚੋਣਾਂ ‘ਚ ਲੋਕ ਹਮਾਇਤ ਦੇ ਰੂਪ ‘ਚ ਸਾਹਮਣੇ ਆ ਰਿਹਾ ਹੈ। ਇਹ ਸਹਿਯੋਗ ਕਾਂਗਰਸ ਪਾਰਟੀ ਲਈ ਨਵੀਂ ਤਾਕਤ ਅਤੇ ਜ਼ਿੰਮੇਵਾਰੀ ਦੋਵੇਂ ਹੈ, ਜਿਸ ਨੂੰ ਨਿਭਾਉਂਦਿਆਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਿਆ ਜਾਵੇਗਾ।


